ਲੁਧਿਆਣਾ, 17 ਜੁਲਾਈ – ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 40 ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕੀਤਾ।
ਇਸ ਮੌਕੇ ਡਿਪਟੀ ਮੇਅਰ ਪ੍ਰਿੰਸ ਜੌਹਰ ਅਤੇ ਕੌਂਸਲਰ ਜਗਮੀਤ ਸਿੰਘ ਨੋਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਵਿਧਾਇਕ ਸਿੱਧੂ ਨੇ ਕਿਹਾ ਕਿ ਵਾਰਡ ਨੰਬਰ 40 ਅਧੀਨ ਗਲੀ ਨੰਬਰ 5, ਸ਼ਿਮਲਾਪੁਰੀ ਵਿਖੇ 25 ਹਾਰਸ ਪਾਵਰ ਵਾਲਾ ਪੀਣ ਵਾਲੇ ਪਾਣੀ ਦਾ ਟਿਊਬਵੈਲ ਲਗਾਇਆ ਜਾ ਰਿਹਾ ਹੈ ਜਿਸ ‘ਤੇ ਕਰੀਬ 12.50 ਲੱਖ ਰੁਪਏ ਖਰਚ ਕੀਤੇ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਇਲਾਕੇ ਵਿੱਚ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲਕਦਮੀ ਤਹਿਤ ਇਲਾਕਾ ਨਿਵਾਸੀਆਂ ਲਈ ਇੱਕ ਨਿਰੰਤਰ ਅਤੇ ਭਰੋਸੇਮੰਦ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸਦੇ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।





