ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਤਹਿਤ ਅੱਜ ਵੀ ਮੁਹਾਲੀ ਦੀ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲ ਸਕੀ। ਅੱਜ ਅਦਾਲਤ ਵਿੱਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੋਈ, ਪਰ ਅਦਾਲਤ ਨੇ ਇਸ ਮਾਮਲੇ ‘ਤੇ ਫ਼ੈਸਲਾ ਸੁਰੱਖਿਅਤ ਰੱਖਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ਼ 1 ਅਗਸਤ ਨਿਰਧਾਰਿਤ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ, ਅੱਜ ਦੀ ਸੁਣਵਾਈ ਦੌਰਾਨ ਮਜੀਠੀਆ ਦੇ ਵਕੀਲਾਂ ਨੇ ਜ਼ਮਾਨਤ ਲਈ ਆਪਣੀਆਂ ਦਲੀਲਾਂ ਪੇਸ਼ ਕੀਤੀਆਂ, ਜਦੋਂ ਕਿ ਸਰਕਾਰੀ ਵਕੀਲ ਨੇ ਜ਼ਮਾਨਤ ਦਾ ਵਿਰੋਧ ਕੀਤਾ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਅਗਲੀ ਤਾਰੀਖ਼ ਤੱਕ ਟਾਲ ਦਿੱਤਾ। ਇਸ ਦਾ ਮਤਲਬ ਹੈ ਕਿ ਮਜੀਠੀਆ ਨੂੰ 1 ਅਗਸਤ ਤੱਕ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।
ਬਿਕਰਮ ਸਿੰਘ ਮਜੀਠੀਆ ‘ਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹੋਏ ਹਨ। ਉਹਨਾਂ ਨੂੰ ਇਸ ਮਾਮਲੇ ਵਿੱਚ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਫਿਲਹਾਲ ਉਹ ਨਾਭਾ ਜੇਲ੍ਹ ਵਿੱਚ ਬੰਦ ਹਨ। ਇਹ ਮਾਮਲਾ ਪੰਜਾਬ ਦੀ ਰਾਜਨੀਤੀ ਵਿੱਚ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।






