ਲੁਧਿਆਣਾ, 8 ਜੁਲਾਈ: ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ ਅਤੇ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ, ਆਈਏਐਸ ਨੇ ਅੱਜ ਲੁਧਿਆਣਾ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR)-2026 ਤਹਿਤ ਘਰ-ਘਰ ਜਾ ਕੇ ਗਣਨਾ (Enumeration) ਫਾਰਮਾਂ ਦੀ ਵੰਡ ਅਤੇ ਇਕੱਠੇ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਮੀਟਿੰਗ ਵਿੱਚ ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੇ ਹਿੱਸਾ ਲਿਆ। ਅਧਿਕਾਰੀਆਂ ਨੇ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਚੱਲ ਰਹੇ ਸਰਵੇ ਅਤੇ ਫਾਰਮ ਇਕੱਠੇ ਕਰਨ ਦੇ ਕੰਮ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਡਿਪਟੀ ਚੋਣ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਅਯੋਗ ਜਾਂ ਦੁਹਰੀ ਐਂਟਰੀ ਨਾ ਰਹੇ। ਉਨ੍ਹਾਂ ਨੇ ਬੂਥ ਲੈਵਲ ਅਫ਼ਸਰਾਂ (BLOs) ਨੂੰ ਘਰ-ਘਰ ਜਾ ਕੇ ਪੂਰੀ ਪਾਰਦਰਸ਼ਤਾ ਅਤੇ ਸ਼ੁੱਧਤਾ ਨਾਲ ਫਾਰਮ ਭਰਨ ਅਤੇ ਇਕੱਠੇ ਕਰਨ ਦੀ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਨ ਦੇ ਨਿਰਦੇਸ਼ ਵੀ ਦਿੱਤੇ।
ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਪੰਜਾਬ ਵਿੱਚ SIR-2026 ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਚੋਣ ਮਸ਼ੀਨਰੀ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਵੋਟਰ ਸੂਚੀਆਂ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਸਮਾਵੇਸ਼ੀ ਬਣਾਉਣ ਲਈ ਇਹ ਮੁਹਿੰਮ ਨਿਰਧਾਰਿਤ ਸਮੇਂ ਅੰਦਰ ਪੂਰੀ ਕੀਤੀ ਜਾਵੇਗੀ।






