ਪੰਜਾਬਭਾਰਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਦੌਰੇ ‘ਤੇ,

ਜਲੰਧਰ ਨੂੰ ਮਿਲਣਗੇ ਹਜ਼ਾਰਾਂ ਕਰੋੜ ਦੇ ਵਿਕਾਸ ਪ੍ਰੋਜੈਕਟ

ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ 2026 ਨੂੰ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦੇ ਦੌਰੇ ‘ਤੇ ਆਉਣਗੇ। ਇਸ ਦੌਰਾਨ ਉਹ ਜਲੰਧਰ ਵਿਖੇ ਰੇਲਵੇ ਅਤੇ ਸੜਕ ਬੁਨਿਆਦੀ ਢਾਂਚੇ ਨਾਲ ਸਬੰਧਤ 5,470 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

ਪ੍ਰਧਾਨ ਮੰਤਰੀ ਦੇ ਇਸ ਦੌਰੇ ਨੂੰ ਪੰਜਾਬ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਸਰਕਾਰੀ ਜਾਣਕਾਰੀ ਮੁਤਾਬਕ ਇਸ ਦੌਰਾਨ ਰੇਲ ਅਤੇ ਸੜਕ ਸੰਪਰਕ ਨੂੰ ਹੋਰ ਮਜ਼ਬੂਤ ਕਰਨ ਵਾਲੇ ਕਈ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਹਰਿਆਣਾ ਦੇ ਜੀਂਦ ਵਿਖੇ ਭਾਰਤ ਦੀ ਪਹਿਲੀ ਹਾਈਡਰੋਜਨ ਨਾਲ ਚੱਲਣ ਵਾਲੀ ਟ੍ਰੇਨ ਨੂੰ ਹਰੀ ਝੰਡੀ ਦਿਖਾਉਣਗੇ। ਇਹ ਟ੍ਰੇਨ ਜੀਂਦ ਅਤੇ ਸੋਨੀਪਤ ਵਿਚਕਾਰ ਚਲਾਈ ਜਾਵੇਗੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਚੰਡੀਗੜ੍ਹ ਪਹੁੰਚਣਗੇ, ਜਿੱਥੇ ਉਹ 4,700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।

ਦੌਰੇ ਦੇ ਅਗਲੇ ਪੜਾਅ ਵਿੱਚ ਪ੍ਰਧਾਨ ਮੰਤਰੀ ਪੰਜਾਬ ਦੇ ਜਲੰਧਰ ਪਹੁੰਚਣਗੇ। ਇਸ ਮੌਕੇ ਦੇਸ਼ ਦੇ 20 ਰਾਜਾਂ ਵਿੱਚ ਮੁੜ ਵਿਕਸਤ ਕੀਤੇ ਗਏ 75 ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਵੀ ਕੀਤਾ ਜਾਣਾ ਹੈ।

ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਨੂੰ ਦੇਖਦਿਆਂ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੌਰੇ ਦੌਰਾਨ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਰਹਿਣ ਦੀ ਉਮੀਦ ਹੈ।

MSB
the authorMSB