ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਗੈਂਗਸਟਰਾਂ, ਸੰਗਠਿਤ ਅਪਰਾਧ ਅਤੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਗਈ 16 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਕਾਰਵਾਈ ਕਰਦਿਆਂ ਕੁੱਲ 3,949 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ‘Operation Prahaar 3.0’ ਅਤੇ ‘Gangstran Te Vaar’ ਮੁਹਿੰਮ ਦੇ ਤਹਿਤ ਕੀਤੀ ਗਈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (DGP) ਗੌਰਵ ਯਾਦਵ ਮੁਤਾਬਕ ਪੁਲਿਸ ਵੱਲੋਂ ਸੂਬੇ ਭਰ ਵਿੱਚ ਅਪਰਾਧਿਕ ਨੈੱਟਵਰਕਾਂ ਅਤੇ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਗੈਂਗਸਟਰਾਂ ਦੇ ਨੈੱਟਵਰਕ ਨੂੰ ਤੋੜਨਾ ਅਤੇ ਨਸ਼ਿਆਂ ਦੀ ਸਪਲਾਈ ਚੇਨ ‘ਤੇ ਸਖ਼ਤ ਕਾਰਵਾਈ ਕਰਨਾ ਹੈ।
ਪੁਲਿਸ ਦਾ ਕਹਿਣਾ ਹੈ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। DGP ਨੇ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਗੈਂਗਸਟਰਵਾਦ ਤੋਂ ਮੁਕਤ ਕਰਨ ਲਈ ਪੁਲਿਸ ਵੱਲੋਂ ਸਖ਼ਤ ਕਾਰਵਾਈ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ।
ਇਸ ਵੱਡੇ ਪੱਧਰ ਦੀ ਕਾਰਵਾਈ ਨੂੰ ਪੰਜਾਬ ਪੁਲਿਸ ਦੀ ਅਪਰਾਧ ਅਤੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ। ਪੁਲਿਸ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਅਪਰਾਧ ਅਤੇ ਨਸ਼ਾ ਤਸਕਰੀ ਨਾਲ ਸਬੰਧਤ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ।






