ਚੰਡੀਗੜ੍ਹ/ਸੰਗਰੂਰ, 28 ਜੁਲਾਈ:
ਸੰਗਰੂਰ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਦਫ਼ਤਰ ‘ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵਾਂ ਮੁਲਜ਼ਮਾਂ ਨੂੰ ਸੋਸ਼ਲ ਮੀਡੀਆ ਰਾਹੀਂ ਸੰਪਰਕ ਕਰਕੇ ਹਮਲਾ ਕਰਨ ਅਤੇ ਉਸ ਦੀ ਵੀਡੀਓ ਭੇਜਣ ਦੇ ਬਦਲੇ ਵੱਡੀ ਰਕਮ ਦਾ ਲਾਲਚ ਦਿੱਤਾ ਗਿਆ ਸੀ। ਐਡਵਾਂਸ ਵਜੋਂ ਉਨ੍ਹਾਂ ਦੇ ਖਾਤਿਆਂ ਵਿੱਚ UPI ਰਾਹੀਂ ਕੁੱਲ ₹2,200 ਭੇਜੇ ਗਏ ਸਨ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ 26 ਸਾਲਾ ਜਸਪ੍ਰੀਤ ਸਿੰਘ, ਜੋ ਪੇਸ਼ੇ ਤੋਂ ਤਰਖਾਣ ਹੈ, ਅਤੇ 22 ਸਾਲਾ ਹੈਪੀ ਸਿੰਘ, ਜੋ ਇੱਕ ਈ-ਕਾਮਰਸ ਕੰਪਨੀ ਵਿੱਚ ਡਿਲੀਵਰੀ ਦਾ ਕੰਮ ਕਰਦਾ ਹੈ, ਵਜੋਂ ਹੋਈ ਹੈ। ਦੋਵੇਂ ਸੋਸ਼ਲ ਮੀਡੀਆ ਰਾਹੀਂ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ।
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ‘ਰਾਣਾ ਭਾਈ’ ਨਾਮ ਦੇ ਇੱਕ ਵਿਅਕਤੀ ਨੇ ਸੋਸ਼ਲ ਮੀਡੀਆ ਰਾਹੀਂ ਦੋਵਾਂ ਨਾਲ ਸੰਪਰਕ ਕੀਤਾ ਅਤੇ ਭਾਜਪਾ ਦਫ਼ਤਰ ‘ਤੇ ਪੈਟਰੋਲ ਬੰਬ ਸੁੱਟਣ ਦੀ ਯੋਜਨਾ ਬਣਾਈ। ਵਾਰਦਾਤ ਤੋਂ ਬਾਅਦ ਵੀਡੀਓ ਭੇਜਣ ਦੀ ਵੀ ਹਦਾਇਤ ਦਿੱਤੀ ਗਈ ਸੀ। ਪੁਲਿਸ ਹੁਣ ਰਾਣਾ ਭਾਈ ਦੀ ਪਛਾਣ, ਉਸ ਦੇ ਸੋਸ਼ਲ ਮੀਡੀਆ ਖਾਤਿਆਂ ਅਤੇ UPI ਲੈਣ-ਦੇਣ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਪਲਾਟੀਨਾ ਮੋਟਰਸਾਈਕਲ, ਦੋ ਮੋਬਾਈਲ ਫੋਨ ਅਤੇ ਹੋਰ ਸਬੂਤ ਵੀ ਬਰਾਮਦ ਕੀਤੇ ਹਨ। ਦੋਵਾਂ ਖ਼ਿਲਾਫ਼ ਵਿਸਫੋਟਕ ਪਦਾਰਥ ਐਕਟ ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਯਾਦ ਰਹੇ ਕਿ ਇਹ ਹਮਲਾ 27 ਜੁਲਾਈ ਦੀ ਸਵੇਰ ਤੜਕੇ ਹੋਇਆ ਸੀ, ਜਦੋਂ ਅਣਪਛਾਤੇ ਵਿਅਕਤੀਆਂ ਨੇ ਦਫ਼ਤਰ ਦੀ ਕੰਧ ਪਾਰ ਪੈਟਰੋਲ ਬੰਬ ਸੁੱਟ ਕੇ ਫਰਾਰ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਤਿੱਖੀ ਬਿਆਨਬਾਜ਼ੀ ਸ਼ੁਰੂ ਹੋ ਗਈ ਸੀ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਸਵਾਲ ਉੱਠੇ ਸਨ।






