ਪੰਜਾਬਭਾਰਤ

ਪੰਜਾਬ ਪੁਲਿਸ ਨੇ ਸਾਈਬਰ ਧੋਖਾਧੜੀ ਰੋਕਣ ਲਈ ‘e-Zero FIR’ ਸਿਸਟਮ ਕੀਤਾ ਸ਼ੁਰੂ

ਸਾਈਬਰ ਵਿੱਤੀ ਧੋਖਾਧੜੀ ਦੇ ਵੱਧ ਰਹੇ ਮਾਮਲਿਆਂ ‘ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ‘e-Zero FIR’ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ। ਇਸ ਨਵੇਂ ਸਿਸਟਮ ਦਾ ਉਦੇਸ਼ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਐਫਆਈਆਰ ਦੀ ਪ੍ਰਕਿਰਿਆ ਨੂੰ ਤੇਜ਼ ਕਰਨਾ ਅਤੇ ਸਾਈਬਰ ਅਪਰਾਧੀਆਂ ਖ਼ਿਲਾਫ਼ ਫੌਰੀ ਜਾਂਚ ਸ਼ੁਰੂ ਕਰਨਾ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ₹5 ਲੱਖ ਜਾਂ ਇਸ ਤੋਂ ਵੱਧ ਦੀ ਸਾਈਬਰ ਵਿੱਤੀ ਧੋਖਾਧੜੀ ਨਾਲ ਜੁੜੀਆਂ ਸ਼ਿਕਾਇਤਾਂ ਨੂੰ e-Zero FIR ਪ੍ਰਣਾਲੀ ਤਹਿਤ ਤੁਰੰਤ ਦਰਜ ਕੀਤਾ ਜਾਵੇਗਾ, ਜਿਸ ਨਾਲ ਜਾਂਚ ਵਿੱਚ ਦੇਰੀ ਨਹੀਂ ਹੋਵੇਗੀ ਅਤੇ ਧੋਖਾਧੜੀ ਦੀ ਰਕਮ ਨੂੰ ਜਲਦੀ ਫ੍ਰੀਜ਼ ਕਰਨ ਅਤੇ ਦੋਸ਼ੀਆਂ ਤੱਕ ਤੇਜ਼ੀ ਨਾਲ ਪਹੁੰਚਣ ਵਿੱਚ ਮਦਦ ਮਿਲੇਗੀ।

ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਨਾਲ ਆਨਲਾਈਨ ਠੱਗੀ, UPI ਫਰਾਡ, ਬੈਂਕਿੰਗ ਫਰਾਡ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਸਾਈਬਰ ਧੋਖਾਧੜੀ ਹੁੰਦੀ ਹੈ ਤਾਂ ਉਹ 1930 ਹੈਲਪਲਾਈਨ ‘ਤੇ ਤੁਰੰਤ ਕਾਲ ਕਰਨ ਜਾਂ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ ਰਾਹੀਂ ਸ਼ਿਕਾਇਤ ਦਰਜ ਕਰਵਾਉਣ। ਸਮੇਂ ਸਿਰ ਸ਼ਿਕਾਇਤ ਕਰਨ ਨਾਲ ਠੱਗੀ ਗਈ ਰਕਮ ਵਾਪਸ ਮਿਲਣ ਦੀ ਸੰਭਾਵਨਾ ਵੱਧ ਜਾਂਦੀ ਹੈ।

ਪੰਜਾਬ ਪੁਲਿਸ ਦਾ ਮੰਨਣਾ ਹੈ ਕਿ e-Zero FIR ਪ੍ਰਣਾਲੀ ਨਾਲ ਸਾਈਬਰ ਅਪਰਾਧਾਂ ਦੀ ਜਾਂਚ ਹੋਰ ਪ੍ਰਭਾਵਸ਼ਾਲੀ ਬਣੇਗੀ ਅਤੇ ਡਿਜ਼ੀਟਲ ਧੋਖਾਧੜੀ ਦੇ ਵਧਦੇ ਮਾਮਲਿਆਂ ‘ਤੇ ਕਾਬੂ ਪਾਉਣ ਵਿੱਚ ਵੱਡੀ ਮਦਦ ਮਿਲੇਗੀ। ਇਹ ਕਦਮ ਸੂਬੇ ਵਿੱਚ ਸਾਈਬਰ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਪਹਲ ਮੰਨੀ ਜਾ ਰਹੀ ਹੈ।

MSB
the authorMSB