ਲੁਧਿਆਣਾ, 2 ਅਕਤੂਬਰ 2026: ਨੰਬਰ 4 ਪੰਜਾਬ ਏਅਰ ਸਕੁਆਡਰਨ ਐਨ.ਸੀ.ਸੀ., ਲੁਧਿਆਣਾ ਦੇ ਕਮਾਂਡਿੰਗ ਅਫਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ, ਲੁਧਿਆਣਾ ਦੇ 35 ਐਨ.ਸੀ.ਸੀ. ਕੈਡਿਟਾਂ ਵੱਲੋਂ ਗਾਂਧੀ ਜਯੰਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਜੀ ਦੇ ਜਨਮ ਦਿਵਸ ਮੌਕੇ ਵਾਲਮੀਕੀ ਪਾਰਕ ਵਿਖੇ ਸਵੱਛਤਾ ਅਭਿਆਨ ਅਤੇ ਪੌਦੇ ਲਗਾਉਣ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫਸਟ ਅਫਸਰ ਪਰਮਬੀਰ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਲੁਧਿਆਣਾ ਨਗਰ ਨਿਗਮ ਅਤੇ ਵਾਰਡ ਨੰਬਰ 72 ਦੇ ਕੌਂਸਲਰ ਸ੍ਰੀ ਕਪਿਲ ਕੁਮਾਰ ਸੋਨੂੰ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਦੌਰਾਨ ਐਨ.ਸੀ.ਸੀ. ਕੈਡਿਟਾਂ ਨੇ ਪਾਰਕ ਵਿੱਚ ਸਫਾਈ ਮੁਹਿੰਮ ਚਲਾਈ ਅਤੇ ਲੋਕਾਂ ਨੂੰ ਸਾਫ਼-ਸਫਾਈ ਪ੍ਰਤੀ ਜਾਗਰੂਕ ਕੀਤਾ।
ਇਸ ਮੌਕੇ ਲੁਧਿਆਣਾ ਨਗਰ ਨਿਗਮ ਵੱਲੋਂ ਕੋਆਰਡੀਨੇਟਰ ਮੈਡਮ ਚੰਦਰ ਜੋਤੀ, ਏਰੀਆ ਇੰਸਪੈਕਟਰ ਸ੍ਰੀ ਨੱਥੀ ਰਾਮ ਅਤੇ ਹੈਲਥ ਅਫਸਰ ਸ੍ਰੀ ਵਿਪੁਲ ਮਲਹੋਤਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਕੌਂਸਲਰ ਸ੍ਰੀ ਕਪਿਲ ਕੁਮਾਰ ਸੋਨੂੰ ਨੇ ਕਿਹਾ ਕਿ ਉਹ ਖੁਦ ਵੀ ਮਾਲਵਾ ਖਾਲਸਾ ਸਕੂਲ ਦੇ ਸਾਬਕਾ ਵਿਦਿਆਰਥੀ ਹਨ ਅਤੇ ਇਹ ਦੇਖ ਕੇ ਉਨ੍ਹਾਂ ਨੂੰ ਖੁਸ਼ੀ ਹੋ ਰਹੀ ਹੈ ਕਿ ਸਕੂਲ ਦੇ ਵਿਦਿਆਰਥੀ ਅੱਜ ਵੀ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਐਨ.ਸੀ.ਸੀ. ਕੈਡਿਟਾਂ ਨੂੰ ਸਵੱਛਤਾ ਦੀ ਸਹੁੰ ਚੁਕਾਈ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਕੌਂਸਲਰ ਕਪਿਲ ਕੁਮਾਰ ਸੋਨੂੰ ਵੱਲੋਂ “ਏਕ ਪੇੜ ਮਾਂ ਕੇ ਨਾਮ 3.0” ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ। ਉਨ੍ਹਾਂ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਨਗਰ ਨਿਗਮ ਦੇ ਸਹਿਯੋਗ ਨਾਲ ਐਨ.ਸੀ.ਸੀ. ਕੈਡਿਟਾਂ ਵੱਲੋਂ ਵਾਲਮੀਕੀ ਪਾਰਕ ਵਿੱਚ ਕੁੱਲ 45 ਬੂਟੇ ਲਗਾਏ ਗਏ। ਕੈਡਿਟਾਂ ਨੇ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਦਾ ਸੰਕਲਪ ਵੀ ਲਿਆ।
ਸਕੂਲ ਦੇ ਪ੍ਰਿੰਸੀਪਲ ਸ੍ਰੀ ਕਰਨਜੀਤ ਸਿੰਘ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਪੜ੍ਹਾਈ ਅਤੇ ਖੇਡਾਂ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਆਪਣੀ ਜ਼ਿੰਮੇਵਾਰੀ ਨਿਭਾਉਂਦਾ ਰਹੇਗਾ।
ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਏ.ਐਨ.ਓ. ਪਰਮਬੀਰ ਸਿੰਘ, ਮੈਡਮ ਆਸ਼ੂ, ਕੁਲਦੀਪ ਚੰਦਰ, ਓਮ ਪ੍ਰਕਾਸ਼ ਸਮੇਤ ਹੋਰਨਾਂ ਨੇ ਅਹਿਮ ਭੂਮਿਕਾ ਨਿਭਾਈ।






